ਘਰੇਲੂ ਏਕਾਂਤਵਾਸ ਅਤੇ ਰੈਸਟੂਰੈਂਟ /ਖਾਣ ਪੀਣ ਵਾਲੀਆਂ ਥਾਂਵਾਂ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਤੇ 5000 ਰੁਪਏ ਹੋਵੇਗਾ ਜੁਰਮਾਨਾ :ਡੀ ਸੀ ।
July 25th, 2020 | Post by :- | 108 Views
ਘਰੇਲੂ ਏਕਾਂਤਵਾਸ ਅਤੇ ਰੈਸਟੋਰੈਂਟ/ਖਾਣ ਪੀਣ ਵਾਲੀਆਂ ਥਾਵਾਂ ’ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ ਹੋਵੇਗਾ
-ਇਕੱਠਾਂ ਵਿੱਚ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੀ ਹੋਵੇਗਾ 10000 ਰੁਪਏ ਜੁਰਮਾਨਾ
ਅੰਮਿ੍ਰਤਸਰ, 25 ਜੁਲਾਈ-ਕੁਲਜੀਤ ਸਿੰਘ
-ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀ ਦਿੱਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ ’ਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਖਤੀ ਕੀਤੀ ਜਾਵੇਗੀ ਅਤੇ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਅਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ’ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ਉਤੇ 500 ਰੁਪਏ ਜੁਰਮਾਨਾ, ਘਰੇਲੂ ਏਕਾਂਤਵਾਸ ਦੀਆਂ ਹਦਾਇਤਾਂ ਦੇ ਉਲੰਘਣ ’ਤੇ 200 ਰੁਪਏ ਅਤੇ ਜਨਤਕ ਥਾਵਾਂ ’ਤੇ ਥੁੱਕਣ ’ਤੇ 500 ਰੁਪਏ ਜੁਰਮਾਨਾ ਲਗਾਇਆ ਜਾਂਦਾ ਸੀ। ਉਨਾਂ ਕਿਹਾ ਕਿ ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ/ਵਪਾਰਕ ਥਾਵਾਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ ਜਦਕਿ ਬੱਸਾਂ ਅਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ ’ਤੇ ¬ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਅਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਮਾਸਕ ਪਹਿਨਣਾ ਲਾਜ਼ਮੀ ਕਰਨ ਦੇ ਅਮਲ ਨੂੰ ਸਖਤੀ ਨਾਲ ਯਕੀਨੀ ਬਣਾਉਣ ਲਈ ਕਰੜੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਧਾਰਮਿਕ ਸ਼ਖਸੀਅਤਾਂ ਨੂੰ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਥਾਵਾਂ ਰਾਹੀਂ ਆਵਾਜ਼ਾਂ ਦੇ ਕੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗੂਰਕ ਕਰਨ ਦੀ ਵੀ ਅਪੀਲ ਕੀਤੀ, ਤਾਂ ਜੋ ਕੋਵਿਡ-19 ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਧਰਨੇ-ਪ੍ਰਦਰਸ਼ਨ ਵੇਲੇ ਵੀ ਸਮਾਜਿਕ ਦੂਰੀ ਦਾ ਬਰਾਬਰ ਖਿਆਲ ਰੱਖਿਆ ਜਾਵੇ ਅਤੇ ਅਜਿਹਾ ਨਾ ਕਰਨ ਉਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਆਪਾਂ ਕੋਰੋਨਾ ਉਤੇ ਫਤਹਿ ਪਾਉਣੀ ਹੈ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਉਤੇ ਅਮਲ ਕਰਨਾ ਜ਼ਰੂਰੀ ਹੈ। ਉਨਾਂ ਸਾਰੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ, ਸਮਾਜਿਕ ਦੂਰੀ ਵਰਗੇ ਆਦੇਸ਼ਾਂ ਨੂੰ ਸਰਕਾਰੀ ਹੁਕਮ ਹੀ ਨਹੀ ਬਲਕਿ ਆਪਣੇ ਰੱਖਿਆ ਦਾ ਮੁੱਖ ਸਾਧਨ ਮੰਨਣ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।